ਬਠਿੰਡਾ। ਬਠਿੰਡਾ ਨਗਰ ਨਿਗਮ ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਨੇ ਅੱਜ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਪਾਰਟੀ ਵੱਲੋਂ ਅੱਜ ਪੰਜ ਹੋਰ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਜਾਰੀ ਸੂਚੀ ਅਨੁਸਾਰ ਦੋ ਵਾਰ ਕੌਂਸਲਰ ਰਹਿ ਚੁੱਕੇ ਮਾਸਟਰ ਹਰਮੰਦਰ ਸਿੰਘ ਨੂੰ ਵਾਰਡ ਨੰਬਰ 28 ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ ਜਦੋਂ ਕਿ ਸਾਬਕਾ ਕੌਂਸਲਰ ਸ਼ਾਮ ਲਾਲ ਜੈਨ ਨੂੰ ਵਾਰਡ ਨੰਬਰ 24 ਤੋਂ ਉਮੀਦਵਾਰ ਐਲਾਨਿਆ ਗਿਆ ਹੈ।
ਕਾਂਗਰਸ ਪਾਰਟੀ ਨੇ ਇੱਕ ਬਲਾਕ ਪ੍ਰਧਾਨ ਨੂੰ ਵੀ ਨਗਰ ਨਿਗਮ ਚੋਣਾਂ ਵਿੱਚ ਉਤਾਰਿਆ ਹੈ। ਵਾਰਡ ਨੰਬਰ 30 ਤੋਂ ਬਲਾਕ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੈਕਟਰੀ ਬਲਜਿੰਦਰ ਠੇਕੇਦਾਰ ਅਤੇ ਦੋ ਵਾਰ ਕੌਂਸਲਰ ਰਹਿ ਚੁੱਕੇ ਬਲਜੀਤ ਸਿੰਘ ਰਾਜੂ ਸਰਾਂ ਨੂੰ ਵਾਰਡ ਨੰਬਰ 10 ਤੋਂ ਉਮੀਦਵਾਰ ਬਣਾਇਆ ਹੈ। ਕਾਂਗਰਸ ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੈਕਟਰੀ ਪਵਨ ਮਾਨੀ ਦੀ ਪਤਨੀ ਪਰਵੀਨ ਗਰਗ ਨੂੰ 31 ਨੰਬਰ ਵਾਰਡ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਸ਼ਨੀਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਨਗਰ ਨਿਗਮ ਚੋਣਾਂ ਲਈ ਸੱਤ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ। ਹੁਣ ਤਕ ਕਾਂਗਰਸ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਦੇ ਮੈਦਾਨ ਵਿੱਚ ਘਾਗ ਸਿਆਸਤਦਾਨਾਂ ਨੂੰ ਉਤਾਰਿਆ ਗਿਆ ਹੈ।
ਕਾਂਗਰਸ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਬਹੁਤੇ ਉਮੀਦਵਾਰ ਪਹਿਲਾਂ ਦੋ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ। ਬਠਿੰਡਾ ਨਗਰ ਨਿਗਮ ਦੇ 50 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਹੁਣ ਤਕ 12 ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰ ਚੁੱਕੀ ਹੈ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਹਿਣਾ ਸੀ ਕਿ ਆਉਣ ਵਾਲੇ ਦਿਨਾਂ ਵਿਚ ਤੀਜੀ ਸੂਚੀ ਉਮੀਦਵਾਰਾਂ ਦੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨਗਰ ਨਿਗਮ ਚੋਣਾਂ ਵਿਚ ਸ਼ਾਨਦਾਰ ਜਿੱਤ ਦਰਜ ਕਰਕੇ ਬਠਿੰਡਾ ਚ ਆਪਣਾ ਮੇਅਰ ਬਣਾਏਗੀ। ਦੂਜੇ ਪਾਸੇ ਕਾਂਗਰਸ ਪਾਰਟੀ ਵੱਲੋਂ ਜਿਹੜੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਉਨ੍ਹਾਂ ਜ਼ੋਰ ਸ਼ੋਰ ਨਾਲ ਆਪਣੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।